Punjab Health Minister advise to people: ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ।
ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।
ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h