Incidents of explosions near Sri Darbar Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਪਾਰਕ ਵਿਖੇ ਲੰਘੀ ਰਾਤ ਹੋਏ ਧਮਾਕੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਘਟਨਾ ਮਗਰੋਂ ਇਥੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਿਥੇ ਹਾਲਾਤਾਂ ਦਾ ਜਾਇਜ਼ਾ ਲਿਆ, ਉਥੇ ਹੀ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜੇਕਰ ਲੰਘੇ ਦਿਨੀਂ ਵਿਰਾਸਤੀ ਮਾਰਗ ’ਤੇ ਹੋਏ ਦੋ ਧਮਾਕਿਆਂ ਨੂੰ ਸਰਕਾਰ ਨੇ ਸੰਜੀਦਗੀ ਨਾਲ ਲੈ ਕੇ ਗਹਿਰੀ ਜਾਂਚ ਕੀਤੀ ਹੁੰਦੀ ਤਾਂ ਇਹ ਤਾਜ਼ਾ ਘਟਨਾ ਨਾ ਵਾਪਰਦੀ।
ਐਡਵੋਕੇਟ ਧਾਮੀ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12:10 ਵਜੇ ਜ਼ੋਰਦਾਰ ਧਮਾਕੇ ਦੀ ਅਵਾਜ਼ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੁਰੰਤ ਹਰਕਤ ਵਿਚ ਆਏ ਅਤੇ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਪਛਾਣ ਕਰਨ ਤੋਂ ਲੈ ਕੇ ਉਨ੍ਹਾਂ ਨੂੰ ਫੜ੍ਹ ਕੇ ਪੁਲਿਸ ਹਵਾਲੇ ਕਰਨ ਤੱਕ ਦੀ ਜ਼ੁੰਮੇਵਾਰੀ ਨਿਭਾਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਨੇ ਬਾਰੀਕੀ ਨਾਲ ਸੀਸੀਟੀਵੀ ਕੈਮਰੇ ਖੰਗਾਲ ਕੇ ਕਰੀਬ 4:15 ਵਜੇ ਦੋਸ਼ੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਦੇ ਵਰਾਂਡੇ ਵਿੱਚੋਂ ਫੜਿਆ ਅਤੇ ਪੁਲਿਸ ਨੂੰ ਸੌਂਪਿਆ। ਉਸ ਦੇ ਨਾਲ ਦੋ ਹੋਰ ਸ਼ੱਕੀ ਵਿਅਕਤੀਆਂ ਨੂੰ ਵੀ ਫੜ੍ਹ ਕੇ ਪੁਲਿਸ ਪ੍ਰਸ਼ਾਸਨ ਨੂੰ ਸੌਂਪਿਆ ਗਿਆ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਇਸ ਘਟਨਾ ਤੋਂ ਬਾਅਦ ਲਗਾਤਾਰ ਪੇਸ਼ੇਵਰਾਨਾ ਪਹੁੰਚ ਤਹਿਤ ਅੱਗੇ ਵਧੇ ਅਤੇ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਪੁਲਿਸ ਕਮਿਸ਼ਨਰ ਸਮੇਤ ਪੁਲਿਸ ਦੇ ਹੋਰ ਉੱਚ ਅਧਿਕਾਰੀ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸਹਿਯੋਗ ਨਾਲ ਲੋੜੀਂਦੀ ਕਾਰਵਾਈ ਕੀਤੀ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਜ਼ੁੰਮੇਵਾਰੀ ਨਾਲ ਕੀਤੀ ਡਿਊਟੀ ਦੀ ਸ਼ਲਾਘਾ ਵੀ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਕਾਰਵਾਈਆਂ ਹੋ ਰਹੀਆਂ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਅਜਿਹੀਆਂ ਘਟਨਾਵਾਂ ਨੂੰ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਇਸ ’ਤੇ ਗਹਿਰਾ ਚਿੰਤਨ ਕਰੇ ਅਤੇ ਆਪਣੀ ਬਣਦੀ ਜ਼ੁੰਮੇਵਾਰੀ ਨਿਭਾਵੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਨਾ ਡਰ ਭੈਅ ਦੇ ਨਤਮਸਤਕ ਹੋਣ ਲਈ ਆਉਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਵੇਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਪਰੰਤੂ ਹੁਣ ਇਨ੍ਹਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਲਿਆਰੇ ਵਾਲੇ ਪਾਸੇ ਢੁੱਕਵੀਂ ਥਾਵਾਂ ਦੇ ਨਾਲ-ਨਾਲ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਲੈ ਕੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਕੈਮਰੇ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੈਨਰ ਲਗਾਉਣ ਦਾ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਵਿਰਾਸਤੀ ਮਾਰਗ ਅਤੇ ਗਲਿਆਰੇ ਦੇ ਵਿਕਾਸ ਅਤੇ ਰੱਖ-ਰਖਾਵ ਵੱਲ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਮੈਨੇਜਰ ਸੁਖਰਾਜ ਸਿੰਘ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਰਹੇ।
ਐਡਵੋਕੇਟ ਧਾਮੀ ਨੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਪ੍ਰਬੰਧਾਂ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਸੁਚੇਤ ਹੋ ਕੇ ਡਿਊਟੀ ਨਿਭਾਉਣ। ਇਸ ਨੂੰ ਲੈ ਕੇ ਹਰ ਗੁਰਦੁਆਰਾ ਸਾਹਿਬ ਨੂੰ ਸਰਕੂਲਰ ਜਾਰੀ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h