Rebate in Power Tariff For Shrimp Farming: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ਵਿੱਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ।
ਇਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਝੀਂਗਾ ਪਾਲਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਝੀਂਗਾ ਪਾਲਣ ਅਧੀਨ ਰਕਬਾ ਅਗਲੇ ਪੰਜ ਸਾਲਾਂ ਵਿੱਚ 5000 ਹੈਕਟੇਅਰ ਕਰਨ ਦੇ ਟੀਚੇ ਤਹਿਤ ਇਸ ਕਿੱਤੇ ਦੇ ਲਾਗਤ ਖ਼ਰਚਿਆਂ ਨੂੰ ਘਟਾਉਣ ਵੱਲ ਤਵੱਜੋ ਦੇਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਦਰਾਂ ‘ਚ ਰਿਆਇਤ ਸਬੰਧੀ ਵਿਚਾਰ ਕਰਨ ਵਾਸਤੇ ਡਾਇਰੈਕਟਰ ਮੱਛੀ ਪਾਲਣ, ਪੀਐਸਪੀਸੀਐਲ ਅਧਿਕਾਰੀ ਤੇ ਦੋ ਝੀਂਗਾ ਪਾਲਕ ਕਿਸਾਨਾਂ ‘ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਸਾਰੇ ਪਹਿਲੂਆਂ ‘ਤੇ ਵਿਚਾਰ ਕਰਕੇ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਝੀਂਗਾ ਪਾਲਣ ਲਈ ਰਵਾਇਤੀ ਊਰਜਾ ਸਰੋਤਾਂ ਤੋਂ ਸੌਰ ਊਰਜਾ ਵੱਲ ਜਾਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਫ਼ਰੀਦਕੋਟ ਖਾਰੇਪਣ ਅਤੇ ਸੇਮ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਵਾਇਤੀ ਫ਼ਸਲਾਂ ਬਹੁਤ ਪ੍ਰਭਾਵਿਤ ਹੋਈਆਂ ਹਨ ਪਰ ਝੀਂਗਾ ਪਾਲਣ ਬਹੁਤ ਸਫ਼ਲ ਸਿੱਧ ਹੋਇਆ ਹੈ। ਇਸ ਲਈ ਸਰਕਾਰ ਇਸ ਖੇਤਰ ਵਿੱਚ ਝੀਂਗਾ ਪਾਲਣ ਨੂੰ ਹੋਰ ਉਤਸ਼ਾਹਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Animal Husbandry Minister @Laljitbhullar constituted 4 member committee to consider rebate in power tariff for shrimp farming & said govt. will focus on reducing input cost of shrimp farmers to meet target of increasing area under shrimp culture to 5000 hectares in next 5 years. pic.twitter.com/b5iV4YLVrj
— Government of Punjab (@PunjabGovtIndia) May 26, 2023
ਇਸੇ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਮਾਮਲਾ ਵਿੱਤ ਵਿਭਾਗ ਕੋਲ ਵਿਚਾਰਿਆ ਜਾਵੇਗਾ ਤਾਂ ਜੋ ਕਿਸੇ ਢੁਕਵੇਂ ਹੱਲ ਤੱਕ ਪਹੁੰਚਿਆ ਜਾ ਸਕੇ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਝੀਂਗਾ ਪਾਲਕਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਸਤਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h