SGPC Support Women Olympian Wrestlers: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜਬਰਦਸਤੀ ਲੋਕਤੰਤਰ ’ਤੇ ਧੱਬਾ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸੱਦਦ ਕੀਤਾ ਜਾ ਰਿਹਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਜੰਤਰ-ਮੰਤਰ ਵਿਖੇ ਇਨ੍ਹਾਂ ਪਹਿਲਵਾਨਾਂ ਵੱਲੋਂ ਇਨਸਾਫ ਲਈ ਲਾਏ ਧਰਨੇ ਵਿਚ ਸਮਰਥਨ ਲਈ ਸ਼ਾਮਲ ਹੋਣਾ ਸੀ ਪਰ ਸਰਕਾਰ ਵੱਲੋਂ ਬੀਤੇ ਕੱਲ੍ਹ ਜ਼ਬਰੀ ਧਰਨਾ ਚੁਕਵਾਉਣ ਕਾਰਨ ਇਹ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਨਾਲ ਢੱਟ ਕੇ ਖੜ੍ਹੀ ਹੈ ਤੇ ਅਗੋਂ ਜੋ ਵੀ ਪ੍ਰੋਗਰਾਮ ਬਣੇਗਾ ਇਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਗਰੇਵਾਲ ਨੇ ਇਸ ਗੱਲ ’ਤੇ ਇਤਰਾਜ਼ ਵੀ ਕੀਤਾ ਕਿ ਜਦੋਂ ਵੀ ਸਿੱਖ ਕੌਮ ਆਪਣੇ ਇਤਿਹਾਸ ਤੇ ਪਰੰਪਰਾਵਾਂ ਅਨੁਸਾਰ ਮਨੁੱਖੀ ਹੱਕਾਂ ਲਈ ਲੜਣ ਵਾਲਿਆਂ ਨਾਲ ਖੜਦੀ ਹੈ ਤਾਂ ਕੁਝ ਲੋਕਾਂ ਵੱਲੋਂ ਇਸ ਪ੍ਰਤੀ ਨਕਾਰਾਤਮਿਕ ਬਿਰਤਾਂਤ ਸਿਰਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਿੱਖਾਂ ਨੂੰ ਕਿਸੇ ਕੋਲੋਂ ਦੇਸ਼ ਭਗਤੀ ਸਿੱਖਣ ਦੀ ਲੋੜ ਨਹੀਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h