Chilli Processing Plant in Ferozepur: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਵਿਧਾਨ ਸਭਾ ਸਕੱਤਰੇਤ ਵਿਖੇ ਮਿਰਚ ਪੱਟੀ ਦੇ ਕਿਸਾਨਾਂ ਸਣੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਵੱਲੋਂ ਇੱਕ ਅੰਦਾਜ਼ੇ ਮੁਤਾਬਕ ਕਰੀਬ 40,000 ਏਕੜ ਰਕਬੇ ‘ਤੇ ਮਿਰਚ ਦੀ ਖੇਤੀ ਕੀਤੀ ਜਾਂਦੀ ਹੈ। ਇਸ ਨਾਲ ਪੰਜਾਬ ਦੀ, ਸਭ ਤੋਂ ਵੱਧ ਮਿਰਚ ਉਤਪਾਦਨ ਵਾਲੇ ਦੇਸ਼ ਮੈਕਸੀਕੋ ‘ਤੇ ਨਿਰਭਰਤਾ ਘਟੇਗੀ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਖੇਤਰ ਵਿੱਚ ਮਿਰਚ ਦੀ ਪ੍ਰੋਸੈਸਿੰਗ ਲਈ ਪਲਾਂਟ ਸਥਾਪਤ ਕਰੇ ਤਾਂ ਜੋ ਪੰਜਾਬ ਦੀ ਮਿਰਚ, ਜੋ ਰਾਜਸਥਾਨ ਦੇ ਜੈਪੁਰ ਵਿਖੇ ਵਿਕਦੀ ਹੈ ਅਤੇ ਮੁੜ ਘੁੰਮ ਕੇ ਅੰਮ੍ਰਿਤਸਰ ਦੀ ਮੰਡੀ ਵਿੱਚ ਵਿਕਣ ਲਈ ਆਉਂਦੀ ਹੈ, ਉਸ ਨੂੰ ਇਥੇ ਹੀ ਪ੍ਰੋਸੈਸ ਕਰਕੇ ਘਰੇਲੂ ਖਪਤ ਲਈ ਸਪਲਾਈ ਕੀਤੀ ਜਾ ਸਕੇ।
ਸਪੀਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਖੇਤਰ ਦੀਆਂ ਮਿਰਚਾਂ ਲਈ ਪ੍ਰੋਸੈਸਿੰਗ ਪਲਾਂਟ ਅਤੇ ਮਿਰਚਾਂ ਨੂੰ ਸੁਕਾਉਣ ਲਈ ਡਰਾਇਰ ਲਾਉਣ, ਨਵੀਂਆਂ ਕਿਸਮਾਂ ਲਈ ਖੋਜ ਕੇਂਦਰ ਅਤੇ ਕੋਲਡ ਸਟੋਰੇਜ ਚੇਨ ਸਥਾਪਤ ਕਰਨ ਜਿਹੀਆਂ ਸਹੂਲਤਾਂ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨੇ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ।
ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਆਦੇਸ਼ ਦਿੱਤੇ ਕਿ ਉਹ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਵਲੋਂ ਇੱਕਜੁਟ ਹੋ ਕੇ ਮਿਰਚ ਦਾ ਮੁੱਲ ਤੈਅ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ।
Vidhan Sabha Speaker Kultar Singh @Sandhwan asked officials of Agriculture Dept., Punjab Mandi Board & Punjab Agro Export Corporation to explore feasibilities for setting up processing plant in chilli belt of Ferozepur & asked to involve farmers while fixing price of chillies. pic.twitter.com/uy6hODCoN4
— Government of Punjab (@PunjabGovtIndia) May 31, 2023
ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਦੀ ਸਕੱਤਰ ਮੈਡਮ ਅੰਮ੍ਰਿਤ ਗਿੱਲ ਨੂੰ ਪਹਿਲ ਦੇ ਆਧਾਰ ‘ਤੇ ਮੰਡੀਆਂ ਦੇ ਥੜ੍ਹੇ ਪੱਕੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਕਿਸਾਨਾਂ ਲਈ ਬਣਾਈਆਂ ਗਈਆਂ ਹਨ, ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਿਸਾਨ ਵੱਲੋਂ ਕੀਤੀ ਜਾਵੇ ਨਾਕਿ ਵਪਾਰੀ ਵਰਗ ਨੂੰ ਪਹਿਲ ਦੇ ਕੇ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾਵੇ।
ਮੀਟਿੰਗ ਦੌਰਾਨ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਬਾਗ਼ਬਾਨੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਸ਼ੈਲੇਂਦਰ ਕੌਰ ਅਤੇ ਮਿਰਚ ਪੱਟੀ ਦੇ ਕਿਸਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h