Sarkar Tuhade Ddwar program at Mansa: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ’ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਹੈ।
’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ਵਿੱਚ ਪਹਿਲੀ ਵਾਰ ਅਫ਼ਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਵੱਧ ਅਖ਼ਤਿਆਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਸ਼ਾਸਨ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਆਵੇਗਾ, ਉੱਥੇ ਪ੍ਰਸ਼ਾਸਨ ‘ਚ ਮੁਕੰਮਲ ਕ੍ਰਾਂਤੀ ਲਿਆਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾ ਕੇ ਇਕ ਅਹਿਮ ਤਬਦੀਲੀ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਲੋਕ-ਪੱਖੀ ਕਦਮ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਇੱਧਰ-ਉੱਧਰ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪਿਛਲੇ ਸ਼ਾਸਕ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।
ਪੰਜਾਬ ਸੀਐਮ ਨੇ ਅੱਗੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਰਫ਼ਤਾਰ ਨੂੰ ਜਾਰੀ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਕੱਢਣ ਦੀ ਖੇਚਲ ਨਹੀਂ ਕਰਦੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਆਸਾਨੀ ਨਾਲ ਕਰਵਾਉਣ ਸਣੇ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ ਅਤੇ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਅਤੇ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਮਾਨਸਾ ਤੋਂ Live… https://t.co/1yqbXmgUvx
— Bhagwant Mann (@BhagwantMann) June 10, 2023
ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਵਧੇ-ਫੁੱਲੇ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਾਡੀ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ 29000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਉਂ ਜੋ ਉਹ ਇੱਕ ਆਮ ਪਰਿਵਾਰ ਵਿੱਚੋਂ ਹਨ ਅਤੇ ਪੂਰੀ ਤਰ੍ਹਾਂ ਜ਼ਮੀਨ ਨਾਲ ਜੁੜੇ ਹੋਏ ਹਨ, ਇਸ ਲਈ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਹਰ ਮੁਸ਼ਕਲ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h