ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮਦਦ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਮੁਕੰਮਲ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਮੁਆਵਜ਼ਾ ਛੇਤੀ ਤੋਂ ਛੇਤੀ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਨਰਮ ਉਤਪਾਦਕਾਂ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਇਸ ਨਾਜ਼ੁਕ ਸਮੇਂ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਸੱਦਾ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਗੁਲਾਬੀ ਕੀੜੇ ਕਾਰਨ ਬਰਬਾਦ ਹੋ ਗਈਆਂ ਹਨ, ਉਨ੍ਹਾਂ ਨੂੰ ਵਿਰੋਧੀ ਪਾਰਟੀਆਂ ਦੇ ਝੂਠੇ ਪ੍ਰਚਾਰ ਦੁਆਰਾ ਗੁਮਰਾਹ ਨਹੀਂ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਖੜ੍ਹੀ ਹੈ। ਚੰਨੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੈਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਇਸ ਔਖੀ ਘੜੀ ਵਿੱਚ ਦੁਖੀ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਪ੍ਰਭਾਵਿਤ ਪਿੰਡਾਂ ਨਸੀਬਪੁਰਾ ਅਤੇ ਕਟਾਰ ਸਿੰਘ ਵਾਲਾ ਵਿੱਚ ਗਿਆ।
ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ, ਵਿੱਤ ਕਮਿਸ਼ਨਰ ਮਾਲ ਨੇ 5 ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਤਸਦੀਕ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ 29 ਅਕਤੂਬਰ ਤੱਕ ਪੂਰੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।