ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ।
ਚੰਨੀ ਨੇ ਅੱਜ ਯੂਨੀਵਰਸਿਟੀ ਦੇ ਆਪਣੇ ਪਹਿਲੇ ਦੌਰੇ ਦੌਰਾਨ ਸੂਬੇ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਸੂਬੇ ਵਿੱਚ ‘ਪੰਜਾਬ ਐਜੂਕੇਸ਼ਨ ਮਾਡਲ’ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਤਹਿਤ ਸਭ ਤੋਂ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਭਾਸ਼ਾ ਦੇ ਨਾਂ ’ਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਪੰਜਾਬ ਸਰਕਾਰ ਤੋਂ 150 ਕਰੋੜ ਰੁਪਏ ਦਾ ਕਰਜ਼ਾ ਮੋੜਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।
ਉਨ੍ਹਾਂ ਯੂਨੀਵਰਸਿਟੀ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਇਸ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਪ੍ਰਤੀ ਮਹੀਨਾ ਗਰਾਂਟ ਦਿੰਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਅਰਵਿੰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।