ਪੰਜਾਬ ਦੇ ਸਾਬਕਾ ਵਿੱਤ ਮੰਤਰੀ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ।
ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ।
ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਮਨਪ੍ਰੀਤ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਸ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉੱਥੇ ਨਹੀਂ ਮਿਲੇ।