ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ।
ਇੱਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ। ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਜਿਸ ਕਰਕੇ ਪੁਰਾਤਨ ਰਿਵਾਇਤ ਨਾਲਵਿਸ਼ਾਲ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਕੇ ਸਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।