ਕਿਸਾਨ ਅੰਦੋਲਨ 2.0 ਦੇ ਵਿਚਕਾਰ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਕੇਐਮ ਕਿਸਾਨ ਆਗੂਆਂ ਨੇ ਭਲਕੇ ਪੰਜਾਬ ਅਤੇ ਹਰਿਆਣਾ ਵਿੱਚ ਟੋਲ ਪਲਾਜ਼ਿਆਂ ਨੂੰ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਦੋਵਾਂ ਰਾਜਾਂ ਦੇ ਕਿਸਾਨਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਟੋਲ ਫਰੀ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਇਸ ਕਿਸਾਨ ਅੰਦੋਲਨ ਵਿੱਚ ਸੰਯੁਕਤ ਕਿਸਾਨ ਮੋਰਚਾ ਸ਼ਾਮਲ ਨਹੀਂ ਹੈ ਪਰ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ 16 ਫਰਵਰੀ ਨੂੰ ਗ੍ਰਾਮੀਣ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸਕੇਐਮ ਨੇ ਕਿਸਾਨਾਂ ਪ੍ਰਤੀ ਸਰਕਾਰ ਦੇ ਸਖ਼ਤ ਰਵੱਈਏ ਦੀ ਵੀ ਨਿਖੇਧੀ ਕੀਤੀ ਹੈ।
ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਅੱਜ ਫਿਰ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨਗੇ। ਕੱਲ੍ਹ ਸ਼ੰਭੂ ਸਰਹੱਦ ‘ਤੇ ਭਾਰੀ ਹੰਗਾਮਾ ਹੋਇਆ ਸੀ। ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਦੋਂਕਿ ਕਿਸਾਨਾਂ ਨਾਲ ਪੁਲੀਸ ਦੀ ਝੜਪ ਵਿੱਚ ਕਈ ਲੋਕ ਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਪੁਲੀਸ ਦਾ ਇੱਕ ਡੀਐਸਪੀ ਵੀ ਸ਼ਾਮਲ ਹੈ।
ਜਿੱਥੇ ਹਰਿਆਣਾ-ਪੰਜਾਬ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ, ਉਥੇ ਨੌਜਵਾਨ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਇੱਕ ਵਾਰ ਫਿਰ ਗੱਲਬਾਤ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਸ਼ਾਮ 7 ਵਜੇ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਗੱਲਬਾਤ ਦੀ ਗੱਲ ਕਰ ਰਹੀ ਹੈ। ਇਸ ਲਈ ਅਸੀਂ ਇੱਕ ਆਖਰੀ ਮੌਕਾ ਦੇਣਾ ਚਾਹੁੰਦੇ ਹਾਂ।