ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ 11 ਮਈ ਤੱਕ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ 11 ਤੋਂ 12 ਮਈ ਤੱਕ ਇਸੇ ਤਰ੍ਹਾਂ ਦੇ ਹਾਲਾਤ ਦੇ ਨਾਲ ਵੱਡੇ ਪੱਧਰ ‘ਤੇ ਬਾਰਿਸ਼ ਹੋਵੇਗੀ, ਜਦੋਂ ਕਿ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵਿਆਪਕ ਬਾਰਿਸ਼ ਹੋਵੇਗੀ।
ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 10 ਮਈ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਤੱਟੀ ਆਂਧਰਾ ਪ੍ਰਦੇਸ਼ ਅਤੇ ਆਸ-ਪਾਸ ਦੇ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 11 ਮਈ ਤੱਕ ਅਤੇ ਕੇਰਲ ਅਤੇ ਮਾਹੇ ਵਿੱਚ 13 ਮਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਗਰਮੀ ਦੀ ਲਹਿਰ ਦੇ ਹਾਲਾਤਾਂ ਦੀ ਗੱਲ ਕਰੀਏ ਤਾਂ ਇਹ ਪੂਰਬੀ ਰਾਜਸਥਾਨ ਅਤੇ ਸੌਰਾਸ਼ਟਰ ਅਤੇ ਕੱਛ ਦੇ ਅਲੱਗ-ਥਲੱਗ ਖੇਤਰਾਂ ਅਤੇ ਪੱਛਮੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ 11 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਵਿੱਚ ਗੁਜਰਾਤ ਦੇ ਤੱਟੀ ਖੇਤਰਾਂ ਦੇ ਵੱਖ-ਵੱਖ ਹਿੱਸਿਆਂ ਅਤੇ ਕੇਰਲ ਵਿੱਚ 10 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ।