ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਲਈ ਇਕ ਹਫਤੇ ਤੱਕ ਆਪਣੀ ਚੋਣ ਰਣਨੀਤੀ ਅਤੇ ਸਿਆਸੀ ਪਾਰਟੀ ਸਬੰਧੀ ਦੱਸਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਆਖਿਆ ਕਿ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਕੇ ਉਹ ਕਿਸੇ ਵੀ ਵਿਰੋਧੀ ਧਿਰ ਦੀ ਅਲੋਚਨਾ ਨਹੀਂ ਕਰਨਗੇ ਕਿਉਂਕਿ ਉਹ ਸਮਾਜ ਸੇਵਾ ਨੂੰ ਸਮਰਪਿਤ ਹਨ।
ਉਨ੍ਹਾਂ ਦੇਸ਼ ਵਿਚ ਓਮੀਕ੍ਰੋਨ ਦੇ ਖ਼ਤਰਿਆਂ ਤੋਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਕਿਸੇ ਵੀ ਕੋਨੇ ਵਿਚ ਵੱਸਦੇ ਵਿਅਕਤੀ ਨੂੰ ਜੇਕਰ ਮੁੜ ਕੋਈ ਬਿਪਤਾ ਪੈਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਮੇਰੀ ਭੈਣ ਮਾਲਵਿਕਾ ਸੂਦ ਲੋਕਾਂ ਦੀ ਸੇਵਾ ਵਿਚ ਡੱਟੀ ਹੋਈ ਹੈ ਅਤੇ ਸਿਆਸੀ ਆਗੂਆਂ ਨੂੰ ਇੰਨ੍ਹੀ ਸੇਵਾ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਕੋਲ ਬੋਲਣ ਲਈ ਕੁੱਝ ਬਾਕੀ ਹੀ ਨਾ ਬਚੇ।