ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਅਤੇ ਭਾਜਪਾ ਦੇ ਕਈ ਆਗੂਆਂ ਵੱਲੋਂ ਪੰਜਾਬ ਸਰਕਾਰ ‘ਤੇ ਵੱਖ-ਵੱਖ ਤਰ੍ਹਾਂ ਦੇ ਕਈ ਇਲਜ਼ਾਮ ਵੀ ਲਗਾਏ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਵਰਤੀ ਗਈ ਹੈ। ਇਸ ਤੋਂ ਇਲਾਵਾ ਭਾਜਪਾ ਦੇ ਕਈ ਆਗੂਆਂ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਇਸੇ ਸਬੰਧ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਗਲਤੀ ਹੈ ਉਨ੍ਹਾਂ ਨੂੰ ਸਜਾ ਮਿਲਣੀ ਚਾਹੀਦੀ ਹੈ ਕਿਉਂਕਿ ਇਹ ਲੋਕਤੰਤਰ ਹੈ।
ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਲਈ ਜੋ ਲੋਕ ਜ਼ਿੰਮੇਵਾਰ ਹਨ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਲਈ ਸੂਬੇ ਦਾ ਗ੍ਰਹਿ ਮੰਤਰੀ ਅਤੇ ਮੁੱਖ ਤੌਰ ’ਤੇ ਡੀ. ਜੀ. ਪੀ. ਜ਼ਿੰਮੇਵਾਰ ਹੈ ਅਤੇ ਕਾਰਵਾਈ ਵੀ ਉਨ੍ਹਾਂ ’ਤੇ ਹੀ ਹੋਣੀ ਚਾਹੀਦੀ ਹੈ ਪਰ ਰਾਸ਼ਟਰਪਤੀ ਰਾਜ ਲਾਗੂ ਕਰਨਾ ਸੂਬੇ ਦੇ ਲੋਕਾਂ ਨੂੰ ਸਜ਼ਾ ਦੇਣ ਦੇ ਸਮਾਨ ਹੈ।