ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਹੁਣ ਰਾਜਨੀਤੀ ਗਰਮ ਹੋ ਗਈ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਵਰਗਾ ਹੈ। ਇਹ ਗੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਚੰਡੀਗੜ੍ਹ ਬਣਨ ਤੋਂ ਬਾਅਦ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ ਪਰ 3 ਜੂਨ 1984 ਨੂੰ ਇਹ ਗੱਲ ਬਦਲ ਗਈ। ਇਸ ਦੇ ਨਾਲ ਹੀ ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰ ਕੇ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਬਣਾਇਆ ਗਿਆ ਸੀ। ਜਦਕਿ ਹੁਣ ਇਸ ਅਹੁਦੇ ਨੂੰ ਖਤਮ ਕਰਕੇ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਮਾਹਿਰਾਂ ਅਨੁਸਾਰ ਇਹ ਤਬਦੀਲੀ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਜੋ ਵੀ ਅਧਿਕਾਰੀ ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ’ਤੇ ਆਉਂਦਾ ਹੈ। ਉਹ ਮੁੱਖ ਸਕੱਤਰ ਦਾ ਅਹੁਦਾ ਸੰਭਾਲਦਾ ਹੈ। ਪਰ ਇੱਥੇ ਉਸਨੂੰ ਸਲਾਹਕਾਰ ਕਿਹਾ ਜਾਂਦਾ ਹੈ। ਇਸ ਲਈ ਇਸ ਅਹੁਦੇ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।
ਚੰਡੀਗੜ੍ਹ ‘ਤੇ ਪੰਜਾਬ ਦਾ ਪਹਿਲਾ ਹੱਕ
‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਕਾਇਮ ਕਰ ਦਿੱਤਾ ਹੈ। ਪੰਜਾਬ ਸਰਕਾਰ ਤੋਂ ਇਹ ਬਰਦਾਸ਼ਤ ਨਹੀਂ ਹੈ। ਕਿਉਂਕਿ ਚੰਡੀਗੜ੍ਹ ਦਾ ਪ੍ਰਸ਼ਾਸਨਿਕ ਸਿਸਟਮ ਬਦਲਣਾ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਬਰਾਬਰ ਹੈ। 40 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਕੇਂਦਰ ਨੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰ ਦਿੱਤਾ ਹੈ। ਪੰਜਾਬ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਕਿਉਂਕਿ ਚੰਡੀਗੜ੍ਹ ‘ਤੇ ਪਹਿਲਾ ਹੱਕ ਪੰਜਾਬ ਦਾ ਹੈ। ਇਸ ਲਈ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਚੰਡੀਗੜ੍ਹ ਵਿੱਚ ਅਜਿਹੇ ਕਦਮ ਚੁੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ।