ਪੰਜਾਬ ਦੇ ਅੰਮ੍ਰਿਤਸਰ ਵਿੱਚ ਵਿਰਾਸਤ ਮਾਰਗ ‘ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਕਾਸ਼ਦੀਪ ਸਿੰਘ ‘ਤੇ ਪੁਲਿਸ ਨੇ ਆਪਣੀ ਪਕੜ ਹੋਰ ਮਜ਼ਬੂਤ ਕਰ ਦਿੱਤੀ ਹੈ। ਦੱਸ ਦੇਈਏ ਕਿ ਸ਼ੁਰੂਆਤੀ FIR ਵਿੱਚ, ਪੁਲਿਸ ਨੇ ਮੁਲਜ਼ਮਾਂ ਵਿਰੁੱਧ 8 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ ਪਰ ਹੁਣ ਇਸ ਵਿੱਚ ਹੋਰ ਧਾਰਾਵਾਂ ਜੋੜੀਆਂ ਗਈਆਂ ਹਨ।
ਜਾਣਕਰੀ ਅਨੁਸਾਰ ਇਸ ਦੌਰਾਨ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਰਾਵਣ ਵੀ ਅੰਮ੍ਰਿਤਸਰ ਪਹੁੰਚ ਗਏ ਹਨ, ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਸਦ ਵਿੱਚ ਉਠਾਇਆ ਜਾਵੇਗਾ।
ਸ਼ੁੱਕਰਵਾਰ ਨੂੰ ਹੀ ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਸੀ। ਪੁਲਿਸ ਨੇ ਕਿਹਾ ਸੀ ਕਿ ਉਹ ਜਾਣਕਾਰੀ ਪ੍ਰਾਪਤ ਕਰ ਰਹੇ ਹਨ। ਐਡਵੋਕੇਟ ਅਨਿਲ ਕੁਮਾਰ ਨੇ ਕਿਹਾ ਕਿ ਆਕਾਸ਼ਦੀਪ ਸਿੰਘ ਕੋਲ ਇੱਕ ਰਾਸ਼ਟਰੀ ਝੰਡਾ ਹੈ, ਜਿਸਨੂੰ ਉਸਨੇ ਬਠਿੰਡਾ ਵਿੱਚ ਲੁਕਾਇਆ ਹੋਇਆ ਹੈ। ਦੋਸ਼ੀ ਦਾ ਇਰਾਦਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦਾ ਨਹੀਂ ਸੀ। ਹੁਣ ਪੁਲਿਸ ਬੁੱਧਵਾਰ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
ਭੀਮ ਆਰਮੀ ਦੇ ਮੁਖੀ ਅਤੇ ਆਜ਼ਾਦ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਰਾਵਣ ਖੁਦ ਅੰਮ੍ਰਿਤਸਰ ਪਹੁੰਚੇ ਅਤੇ ਡਾ. ਅੰਬੇਡਕਰ ਦੀ ਮੂਰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਮੌਕੇ ਦਾ ਮੁਆਇਨਾ ਕੀਤਾ ਅਤੇ ਪ੍ਰਸ਼ਾਸਨ ਦੀ ਭੂਮਿਕਾ ‘ਤੇ ਸਵਾਲ ਖੜ੍ਹੇ ਕੀਤੇ।
ਇਸ ਘਟਨਾ ‘ਤੇ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਪਹਿਲਾਂ ਹੀ ਸੁਰੱਖਿਆ ਪ੍ਰਦਾਨ ਕੀਤੀ ਹੁੰਦੀ ਤਾਂ ਇਹ ਘਟਨਾ ਕਦੇ ਨਾ ਵਾਪਰਦੀ। ਹੁਣ ਪ੍ਰਸ਼ਾਸਨ ਦਿਖਾਵਾ ਕਰ ਰਿਹਾ ਹੈ, ਪਰ ਅਸੀਂ ਇਸਨੂੰ ਬਰਦਾਸ਼ਤ ਨਹੀਂ ਕਰਾਂਗੇ।
ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਮਹਾਂਪੁਰਖਾਂ ਦੇ ਬੁੱਤ ਸਥਾਪਿਤ ਕੀਤੇ ਜਾਣ, ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਸੰਸਦ ਵਿੱਚ ਵੀ ਉਠਾਉਣਗੇ ਅਤੇ ਸਰਕਾਰ ‘ਤੇ ਦਬਾਅ ਪਾਉਣਗੇ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।