ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਰੋਧ ਜਾਹਿਰ ਕਰਦਿਆਂ ਕਿਹਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦੇ ਸਿੱਖ ਪੰਥ ਦੇ ਬਾਬੇ ਹਨ, ਉਨ੍ਹਾਂ ਨੂੰ ਬਾਲ ਕਹਿਣਾ ਸਿੱਖ ਇਤਿਹਾਸ ਨਾਲ ਖਿਲਵਾੜ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ-ਚਰਚਾ ਕਰਨੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ ਪਰ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬਾਨ ਦੀ ਸਲਾਹ ਲੈਣੀ ਚਾਹੀਦੀ ਸੀ। ਅਸੀਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦੀ ਜੋੜ ਮੇਲ ਮਨਾਉਂਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਦਾ ਨਾਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨਾਲ ਮੇਲ ਨਹੀਂ ਖਾਂਦਾ।