ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਪਿੱਛੇ ਬਾਦਲਾਂ ਅਤੇ ਸੀ.ਐਮ. ਚੰਨੀ ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ’ਤੇ ਉਚ ਪੱਧਰੀ ਕਮੇਟੀ ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਇਸ ਜਾਂਚ ਰਿਪੋਰਟ ‘ਚ ਅਕਾਲੀ ਆਗੂ ਦਾ ਨਾਂ ਬੋਲਦਾ ਸੀ ਪਰ ਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਖਿਲਾਫ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਕੀਤੀ ਹੈ।
ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਸੜਕਾਂ ਤੋਂ ਲੈ ਕੇ ਵਿਧਾਨ ਸਭਾ ‘ਚ ਵੀ ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਕਿ ਨਸ਼ੇ ਦੇ ਵੱਡੇ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕੇ। ਉਨ੍ਹਾਂ ਕਿਹਾ ਕਿ ਚੋਣਾ ਨੇੜੇ ਆਉਂਦੀਆਂ ਦੇਖ ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਜਾਣਬੁੱਝ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਮਜ਼ੋਰ ਐੱਫ. ਆਈ. ਆਰ. ਕੀਤੀ ਸੀ ਤਾਂ ਜੋ ਜ਼ਮਾਨਤ ਮਿਲ ਜਾਵੇ।