ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਬਾਅਦ ਪੰਜਾਬ ਵਿੱਚ ਕੇਂਦਰ ਸਰਕਾਰ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਬਤ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਨਵਰੀ ਵਿੱਚ ਹੁਣ ਤੱਕ ਪੰਜ ਵੱਡੇ ਨੇਤਾਵਾਂ ਨੂੰ ਕੇਂਦਰ ਵੱਲੋਂ ਜ਼ੈੱਡ ਅਤੇ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਚੁੱਕੀ ਹੈ।
ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਤੋਂ ਬਾਅਦ ਕੇਂਦਰ ਅਤੇ ਸੂਬਾ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਦੋਵਾਂ ਦੀਆਂ ਜਾਂਚ ਏਜੰਸੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਬਣੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਬੇ ਦੇ ਭਾਜਪਾ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਖ਼ੁਫ਼ੀਆ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ ਮੰਤਰਾਲੇ ਨੇ ਪੰਜਾਬ ਭਾਜਪਾ ਆਗੂਆਂ ਦੀ ਸੁਰੱਖਿਆ ਵਧਾਉਣੀ ਸ਼ੁਰੂ ਕਰ ਦਿੱਤੀ ਹੈ।