ਪੰਜਾਬ ਦੇ 18 ਸਾਲ ਪੁਰਾਣੇ ਮਾਮਲੇ ਦੇ ਵਿੱਚ ਮੋਹਾਲੀ ਸਥਿਤ CBI ਅਧਾਰਿਤ ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ 5 5 ਸਾਲ ਦੀ ਸਜਾ ਸੁਣਾਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਤਤਕਾਲੀ SSP ਦਵਿੰਦਰ ਸਿੰਘ ਗਰਚਾ, ਸਾਬਕਾ SP ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ SHO ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਥਾਣਾ ਸਿਟੀ ਮੋਗਾ ਦੇ ਤਤਕਾਲੀ SHO, ਥਾਣਾ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ।
ਦੱਸ ਦੇਈਏ ਕਿ ਅਦਾਲਤ ਨੇ ਹਰੇਕ ਨੂੰ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਪੁਲਿਸ ਇੰਸਪੈਕਟਰ ਰਮਨ ਨੂੰ ਇੱਕ ਹੋਰ ਧਾਰਾ ਤਹਿਤ ਤਿੰਨ ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਗਈ ਹੈ।
ਦੂਜੇ ਪਾਸੇ, ਮਾਮਲੇ ਦੇ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਕਿਹਾ ਕਿ ਫੈਸਲਾ ਬਹੁਤ ਵਧੀਆ ਸੀ। ਉਸਨੇ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਹੈ। ਤੁਹਾਨੂੰ ਦੱਸ ਦੇਈਏ ਕਿ 29 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਚਾਰਾਂ ਨੂੰ ਦੋਸ਼ੀ ਠਹਿਰਾਇਆ ਸੀ। ਅਕਾਲੀ ਆਗੂ ਤੋਤਾ ਸਿੰਘ ਦੇ ਪੁੱਤਰਾਂ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
CBI ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ PS ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13(1)(ਡੀ) ਦੇ ਨਾਲ 13(2) ਦੇ ਤਹਿਤ ਦੋਸ਼ੀ ਪਾਇਆ ਸੀ। ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਵੀ PC ਐਕਟ ਦੀਆਂ ਇਨ੍ਹਾਂ ਹੀ ਧਾਰਾਵਾਂ ਅਤੇ ਭਾਰਤੀ ਦੰਡਾਵਲੀ IPC ਦੀ ਧਾਰਾ 384 (ਜਬਰਦਸਤੀ) ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਅਮਰਜੀਤ ਸਿੰਘ ਨੂੰ ਧਾਰਾ 384 ਦੇ ਨਾਲ-ਨਾਲ ਧਾਰਾ 511 ਆਈਪੀਸੀ ਤਹਿਤ ਵੀ ਦੋਸ਼ੀ ਪਾਇਆ ਗਿਆ।