ਪਹਿਲਗਾਮ ਹਮਲੇ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ ਪਹਿਲਗਾਮ ਹਮਲੇ ਤੋਂ ਬਾਅਦ ਹਰ ਜਾਂਚ ਲਈ ਤਿਆਰ ਹਨ। ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪਾਕਿਸਤਾਨ ਆਪਣੀ ਪ੍ਰਭੂਸੱਤਾ ਦੀ ਰੱਖਿਆ ਲਈ ਤਿਆਰ ਹੈ।
ਜਾਣਕਾਰੀ ਅਨੁਸਾਰ ਪਾਕਿਸਤਾਨ ਮਿਲਟਰੀ ਅਕੈਡਮੀ ਵਿਖੇ ਇੱਕ ਪਰੇਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ‘ਤੇ ਪਹਿਲਾਂ ਵੀ ਅਜਿਹੇ ਹਮਲਿਆਂ ਦੇ ਦੋਸ਼ ਲੱਗਦੇ ਰਹੇ ਹਨ। ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਾ ਚਾਹੀਦਾ ਹੈ। ਇੱਕ ਜ਼ਿੰਮੇਵਾਰ ਦੇਸ਼ ਹੋਣ ਦੇ ਨਾਤੇ, ਪਾਕਿਸਤਾਨ ਕਿਸੇ ਵੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ।
ਸ਼ਰੀਫ ਨੇ ਕਿਹਾ ਕਿ ਭਾਰਤ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ। ਬਿਨਾਂ ਕਿਸੇ ਭਰੋਸੇਯੋਗ ਜਾਂਚ ਅਤੇ ਸਬੂਤ ਦੇ, ਉਹ ਪਾਕਿਸਤਾਨ ਵਿਰੁੱਧ ਝੂਠੇ ਦੋਸ਼ ਲਗਾ ਕੇ ਦੇਸ਼ ਨੂੰ ਬਦਨਾਮ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਸ਼ਰੀਫ ਨੇ ਕਿਹਾ ਕਿ ਜੇਕਰ ਸਿੰਧੂ ਨਦੀ ਦੇ ਪਾਣੀ ਨੂੰ ਘਟਾਉਣ ਜਾਂ ਮੋੜਨ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਇਸਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਸ਼ਰੀਫ ਨੇ ਕਿਹਾ ਕਿ ਪਾਣੀ ਪਾਕਿਸਤਾਨ ਲਈ ਬਹੁਤ ਮਹੱਤਵਪੂਰਨ ਹੈ। ਇਹ ਸਾਡੇ 24 ਕਰੋੜ ਲੋਕਾਂ ਦੀ ਜ਼ਿੰਦਗੀ ਦਾ ਸਵਾਲ ਹੈ। ਅਸੀਂ ਹਰ ਕੀਮਤ ‘ਤੇ ਇਸਦੀ ਰੱਖਿਆ ਕਰਾਂਗੇ।
ਸ਼ਾਹਬਾਜ਼ ਨੇ ਕਿਹਾ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ, ਪਰ ਇਸ ਇੱਛਾ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪਾਕਿਸਤਾਨ ਦੇ ਸੈਨਿਕ ਆਪਣੇ ਦੇਸ਼ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹਨ। ਭਾਰਤ ਨੇ ਹਾਲ ਹੀ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।