ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਪਰਤਦੇ ਸਮੇਂ ਸਿੱਖ ਸੰਗਤ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਵਿੱਚ ਕੁਝ ਸਿੱਖ ਜ਼ਖ਼ਮੀ ਹੋ ਗਏ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ‘ਤੇ ਪਥਰਾਅ ਅਤੇ ਲਾਠੀਚਾਰਜ ਦੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਬਿਹਾਰ ਸਰਕਾਰ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਸ਼ਤਾਬਦੀ ਦੌਰਾਨ ਮਹਾਨ ਸੇਵਾ ਕਰਨ ਵਾਲੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਇਸ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਬਿਹਾਰ ਸਰਕਾਰ ਨਾਲ ਤਾਲਮੇਲ ਕਰੇਗੀ ਅਤੇ ਐਤਵਾਰ ਨੂੰ ਭੋਜਪੁਰ ਜ਼ਿਲ੍ਹੇ ਦੇ ਚਾਰਪੋਖੜੀ ਇਲਾਕੇ ਵਿੱਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ।