punjab cabinet meeting postponed: ਅੱਜ ਸ਼ਾਮ 4 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਹਾਲਾਂਕਿ ਰੱਦ ਕਰਨ ਦਾ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ ਹੈ, ਪਰ ਜਾਣਕਾਰੀ ਮਿਲ ਰਹੀ ਹੈ ਕਿ ਮੁੱਖ ਮੰਤਰੀ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਦੱਸ ਦਈਏ ਕਿ ਕੱਲ੍ਹ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ ਸੀ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ। ਮੁੱਖ ਮੰਤਰੀ ਮਾਨ ਆਪਣੀ ਬਿਮਾਰੀ ਕਾਰਨ ਕੱਲ੍ਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਨਹੀਂ ਜਾ ਸਕੇ।
1988 ਤੋਂ ਬਾਅਦ 37 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਇੰਨਾ ਭਿਆਨਕ ਹੜ੍ਹ ਆਇਆ ਹੈ। ਹੁਣ ਤੱਕ 3.84 ਲੱਖ ਲੋਕ ਪ੍ਰਭਾਵਿਤ ਹੋਏ ਹਨ ਅਤੇ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਭਗ 1 ਲੱਖ 71 ਹਜ਼ਾਰ 819 ਹੈਕਟੇਅਰ ਫਸਲਾਂ ਪ੍ਰਭਾਵਿਤ ਹੋਈਆਂ ਹਨ। ਸਭ ਤੋਂ ਵੱਧ ਨੁਕਸਾਨ ਗੁਰਦਾਸਪੁਰ (40 ਹਜ਼ਾਰ 169 ਹੈਕਟੇਅਰ) ਵਿੱਚ ਹੋਇਆ ਹੈ।