ਚੰਡੀਗੜ੍ਹ, 7 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਇਹਨਾਂ ਨੂੰ ਸਸ਼ਕਤ ਬਣਾਉਣ ਲਈ ਕਦਮ ਤੇਜ਼ੀ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਹਰ ਦਿਵਿਆਂਗ ਵਿਅਕਤੀ ਨੂੰ ਆਤਮ-ਨਿਰਭਰ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦਿਵਿਆਂਗ ਵਿਅਕਤੀਆਂ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਯੋਜਨਾ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।






