ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਸਰਵ ਧਰਮ ਸੰਮੇਲਨ” ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਧਰਮ (ਸੱਚ) ਅਤੇ ਆਪਸੀ ਭਾਈਚਾਰੇ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਸੰਦੇਸ਼ ਨੂੰ ਵਿਆਪਕ ਤੌਰ ‘ਤੇ ਫੈਲਾਉਣ ਲਈ ਆਯੋਜਿਤ ਕੀਤਾ ਜਾ ਰਿਹਾ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਇਕੱਠ ਵਿੱਚ ਵੱਖ-ਵੱਖ ਧਾਰਮਿਕ ਅਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰੀ ਸ਼ਰਧਾ ਅਤੇ ਸੱਚੇ ਦਿਲੋਂ ਸ਼ਰਧਾਂਜਲੀ ਭੇਟ ਕਰਨ ਲਈ ਜ਼ਰੂਰੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਲੱਖਣ ਸ਼ਹਾਦਤ ਅਤੇ ਅਮਰ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਪੰਜਾਬ ਸਰਕਾਰ ਦੇ ਸੱਦੇ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ।







