ਚੰਡੀਗੜ੍ਹ ਦਾ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਯੂ-ਟਰਨ ਲਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਸ ਪ੍ਰਸਤਾਵ ‘ਤੇ ਨਾ ਤਾਂ ਅਜੇ ਕੋਈ ਅੰਤਿਮ ਫੈਸਲਾ ਹੋਇਆ ਹੈ ਤੇ ਨਾ ਹੀ ਸਰਦ ਰੁੱਤ ਸੈਸ਼ਨ ਵਿਚ ਇਸ ਨਾਲ ਸਬੰਧਤ ਕੋਈ ਬਿੱਲ ਲਿਆਉਣ ਦੀ ਯੋਜਨਾ ਹੈ। ਪ੍ਰਸਤਾਵ ਹਾਲੇ ਕੇਂਦਰ ਸਰਕਾਰ ਦੇ ਪੱਧਰ ‘ਤੇ ਵਿਚਾਰ ਅਧੀਨ ਹੈ। ਇਸ ਪ੍ਰਸਤਾਵ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਸਲਾਹ-ਮਸ਼ਵਰੇ ਤੋਂ ਬਾਅਦ ਢੁਕਵਾਂ ਫੈਸਲਾ ਲਿਆ ਜਾਵੇਗਾ। ਇਸ ਮੁੱਦੇ ‘ਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

ਚੰਡੀਗੜ੍ਹ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੇ ਬਿਆਨ ਮਗਰੋਂ CM ਮਾਨ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਤੇ ਪਾਰਲੀਮੈਂਟ ‘ਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ। ਉਮੀਦ ਹੈ ਕਿ ਭਵਿੱਖ ‘ਚ ਵੀ ਪੰਜਾਬ ਨਾਲ ਸਬੰਧਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ।







