ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ।”
ਸ਼ਹਿਰ ਦੀ ਸੀਵਰੇਜ ਤੇ ਜਲ ਸਪਲਾਈ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੁਗਾ ਚੁੱਕਾ ਹੈ ਅਤੇ ਸ਼ਹਿਰ ਵਿੱਚ ਸੀਵਰੇਜ ਬਲੌਕ ਹੋਣ ਦੀ ਬਹੁਤ ਵੱਡੀ ਸਮੱਸਿਆ ਹੈ। ਕਈ ਨਵੀਂ ਆਬਾਦੀਆਂ ਸੀਵਰੇਜ ਦੀ ਸਹੂਲਤ ਤੋਂ ਸੱਖਣੀਆਂ ਹਨ। ਨਵੇਂ ਪ੍ਰਾਜੈਕਟਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਹੋਰ ਥਾਵਾਂ ਤੇ ਸੀਵਰੇਜ ਤੇ ਜਲ ਸਪਲਾਈ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਨਹੀਂ ਪਾਈ ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਮੌਤ ਦੇ ਮੂੰਹ ਵਿੱਚ ਜਾ ਪਏ। ਹੁਣ ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ ਜਦਕਿ ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ।”
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ ਜਿਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉਤੇ ਤਾਂ 37 ਸਾਲਾਂ ਬਾਅਦ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਜਿਸ ਨਾਲ ਆਮ ਲੋਕਾਂ ਉਤੇ ਆਰਥਿਕ ਬੋਝ ਘਟਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਮਿਲਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।






