ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।
ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ, ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲਿ੍ਹਆਂ ਤੋਂ ਘੱਟੋ-ਘੱਟ 75 ਫੀਸਦੀ ਪੁਲਿਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।






