ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ” ’ਤੇ ਅਡਿੱਗ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਮੀਟਿੰਗ ਜਾਂ ਮੰਚ ਤੋਂ ਕਦੇ ਵੀ ਜਾਤ ਜਾਂ ਬਿਰਾਦਰੀ ਸੰਬੰਧੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣ-ਬੁੱਝ ਕੇ ਗਲਤ ਅਤੇ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ।
ਚੰਨੀ ਨੇ ਕਿਹਾ ਕਿ ਉਹ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੇ ਪੁੱਤਰ ਹਨ ਅਤੇ ਕਿਸੇ ਵੀ ਵਰਗ ਜਾਂ ਜਾਤ ਦੇ ਖ਼ਿਲਾਫ਼ ਬੋਲਣਾ ਉਨ੍ਹਾਂ ਦੀ ਸੋਚ ਅਤੇ ਸੰਸਕਾਰਾਂ ਦੇ ਵਿਰੁੱਧ ਹੈ। ਉਨ੍ਹਾਂ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ, ਜਿਨ੍ਹਾਂ ’ਤੇ ਰਹਿੰਦਿਆਂ ਉਨ੍ਹਾਂ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬੁਲੰਦ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਹਿੰਦਿਆਂ ਅਤੇ ਮੈਂਬਰ ਪਾਰਲੀਮੈਂਟ ਦੇ ਤੌਰ ’ਤੇ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਪੰਜਾਬ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਪੂਰੀ ਤਾਕਤ ਨਾਲ ਰੱਖੀ। ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰੋਸ ਨੂੰ ਵੀ ਭੁਗਤਿਆ, ਪਰ ਕਿਸੇ ਵੀ ਕਿਸਾਨ ’ਤੇ ਕਾਰਵਾਈ ਨਹੀਂ ਹੋਣ ਦਿੱਤੀ।
ਚੰਨੀ ਨੇ ਕਿਹਾ ਕਿ ਪੰਜਾਬ ਇੱਕ ਗੁਲਦਸਤਾ ਹੈ ਅਤੇ ਜਦੋਂ ਤੱਕ ਸਾਰੇ ਵਰਗਾਂ ਨੂੰ ਨਾਲ ਲੈ ਕੇ ਨਹੀਂ ਚੱਲਿਆ ਜਾਂਦਾ, ਤਦ ਤੱਕ ਨਾ ਪਾਰਟੀ ਮਜ਼ਬੂਤ ਹੁੰਦੀ ਹੈ ਅਤੇ ਨਾ ਹੀ ਸਰਕਾਰ ਬਣਦੀ ਹੈ।







