ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ ‘ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦਾ ਭਾਰੀ ਇਕੱਠ ਵੀ ਦੇਖਿਆ, ਜੋ ਪੰਥ, ਇਸ ਦੀਆਂ ਇਤਿਹਾਸਕ ਸੰਸਥਾਵਾਂ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਵਾਲੇ ਲੋਕਾਂ ਦਰਮਿਆਨ ਡੂੰਘੇ ਸਬੰਧਾਂ ਨੂੰ ਦਰਸਾਉਂਦਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਂਦੇੜ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪਵਿੱਤਰ ਅਸਥਾਨ ਹੈ, ਕਿਉਂਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕਾਫ਼ੀ ਸਮਾਂ ਇਸ ਪਵਿੱਤਰ ਨਗਰੀ ‘ਚ ਬਿਤਾਇਆ ਸੀ।
ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮੰਗ ਨੂੰ ਮਹਾਰਾਸ਼ਟਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਦਾ 350ਵਾਂ ਸ਼ਹੀਦੀ ਦਿਹਾੜਾ ਅਥਾਹ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਪਿਛਲੇ ਸਾਲ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੰਬਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ, ਜਿੱਥੇ ਸਿੱਖਾਂ ਦੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਸੀ। ਉਨ੍ਹਾਂ ਕਿਹਾ ਕਿ ਵਾਲਡ ਸਿਟੀ ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵਾਲਾ ਅਧਿਕਾਰਤ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਨਾਲ ਦੁਨੀਆ ਭਰ ਦੀਆਂ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ ‘ਤੇ ਮਹਾਰਾਸ਼ਟਰ ਸਰਕਾਰ ਵੱਲੋਂ ਵੀ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜ ਦੇਣ ਸਬੰਧੀ ਐਲਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ।
ਮੁੱਖ ਮੰਤਰੀ ਨੇ ਨਾਂਦੇੜ ਸਾਹਿਬ ਵਿੱਚ ਪੰਜਾਬ ਭਵਨ ਦੀ ਪੂਰੀ ਤਰ੍ਹਾਂ ਕਾਇਆ-ਕਲਪ ਦਾ ਵੀ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਭਵਨ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਨਾਂਦੇੜ ਵਿੱਚ ਵੇਰਕਾ ਦੁੱਧ ਉਤਪਾਦਾਂ ਦੀ ਸਪਲਾਈ ਨੂੰ ਹੋਰ ਵੀ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਦੇਸ਼ ਲਈ ਪੰਜਾਬੀਆਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਭਾਰਤ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਜਿਥੇ ਸਰਹੱਦਾਂ ਦੀ ਰਾਖੀ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਅਤੇ ਕੁਰਬਾਨੀਆਂ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਦੁਰਘਟਨਾ ਦੇ ਸਮੇਂ ਪੰਜਾਬੀ ਅਕਸਰ ਲੋੜਵੰਦਾਂ ਦੀ ਸੇਵਾ ਲਈ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਤੋਂ ਵੀ ਪਹਿਲਾਂ ਹੀ ਮੌਕੇ ‘ਤੇ ਪਹੁੰਚ ਜਾਂਦੇ ਹਨ।






