ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦੀ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਕਾਮਯਾਬੀ ਹਾਸਲ ਕਰਨ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।”
ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। ‘ਆਪ’ ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ।”






