ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।”
21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ।
ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”
ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”
ਜੱਚਾ-ਬੱਚਾ ਸਿਹਤ ਸੰਭਾਲ ‘ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”
ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।”
ਵਿੱਤੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।”






