ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ।
ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਵੱਡਾ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।”






