ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।
ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ,ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ ‘ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ।






