ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਲਿਆਂਦੇ ਜਾ ਰਹੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਬਾਰੇ ਅਹਿਮ ਖੁਲਾਸੇ ਕੀਤੇ ਹਨ।
ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਇਸ ਐਕਟ ਨੂੰ ਲੈ ਕੇ ਜਿਹੜੇ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਦੇਸ਼ਾਂ ਦੀ ਚਰਚਾ ਚੱਲ ਰਹੀ ਹੈ, ਉਹ ਅਸਲ ਵਿੱਚ ਸਿੱਧੇ ਆਦੇਸ਼ ਨਹੀਂ, ਸਗੋਂ ਸਿੰਘ ਸਾਹਿਬਾਨ (ਜਥੇਦਾਰਾਂ) ਵੱਲੋਂ ਦਿੱਤੇ ਗਏ ਬਹੁਤ ਹੀ ਮਹੱਤਵਪੂਰਨ ਸੁਝਾਅ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਸੁਝਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਨ੍ਹਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।






