ਸ੍ਰੀ ਮੁਕਤਸਰ ਸਾਹਿਬ, 10 ਨਵੰਬਰ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਸਖੀਆਂ ਦਾ ਅਹਿਮ ਯੋਗਦਾਨ ਹੈ। ਇਨ੍ਹਾਂ ਸਖੀਆਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਵੱਧ ਤੋਂ ਵੱਧ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨਾ ਅਤੇ ਯੋਗ ਲਾਭਪਾਤਰੀਆਂ ਤੱਕ ਸਨਮਾਨ ਰਾਸ਼ੀ ਪਹੁੰਚਾਉਣਾ ਸੰਭਵ ਹੋ ਸਕਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਹਲਕੇ ਦੇ 12 ਪਿੰਡਾਂ ਦੀਆਂ ਕਰੀਬ 145 ਸਖੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਫੂਲੇਵਾਲਾ, ਮਹਿਰਾਜਵਾਲਾ, ਦਬੜਾ, ਚੱਕ ਤਾਮਕੋਟ, ਤਾਮਕੋਟ, ਦੂਹੇਵਾਲਾ, ਭੰਗਚੜੀ, ਸਾਉਂਕੇ, ਔਲਖ, ਰਾਮਨਗਰ, ਮੱਲਵਾਲਾ ਅਤੇ ਕਟੋਰੇਵਾਲਾ ਦੀਆਂ ਕਰੀਬ 145 ਸਖੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਮਾਣ-ਸਨਮਾਨ ਵਧਾਇਆ ਗਿਆ। ਉਨ੍ਹਾਂ ਸਖੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਸਖੀਆਂ ਨੇ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਖੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਵਿੱਚ ਵੱਧ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕੰਮ ਕਰਨ ਵਾਲੀਆਂ ਸਖੀਆਂ ਨੂੰ ਪ੍ਰਤੀ ਸਖੀ 5 ਹਜ਼ਾਰ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਹੋਰ ਅਹਿਮ ਉਪਰਾਲਾ ਹੈ, ਜਿਸ ਦਾ ਉਦੇਸ਼ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈਮਾਣ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਸਖੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਔਰਤ ਤੱਕ ਪਹੁੰਚਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਬਰਾੜ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਪੀ.ਏ. ਅਰਸ਼ਦੀਪ ਸਿੱਧੂ, ਪੀ.ਏ. ਸ਼ਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਆਸ਼ੂ ਚਾਨਣਾ, ਪੂਜਾ ਰਾਣੀ, ਪ੍ਰਵੀਨ ਰਾਣੀ, ਸੀਮਾ ਰਾਣੀ, ਰਮਾ ਰਾਣੀ, ਮਨਜੀਤ ਸ਼ਰਮਾ, ਹਲਕਾ ਕੋਆਰਡੀਨੇਟਰ ਇਸਤਰੀ ਵਿੰਗ ਸੁਖਚੈਨ ਕੌਰ, ਹਰਵਿੰਦਰ ਕੌਰ, ਸ਼ਿੰਦਰ ਪਾਲ ਕੌਰ, ਰਵਿੰਦਰ ਕੌਰ, ਰੁਪਿੰਦਰ ਕੌਰ ਅਤੇ ਹਰਬੰਸ ਕੌਰ ਸਮੇਤ ਹੋਰ ਪਤਵੰਤੇ ਆਦਿ ਹਾਜ਼ਰ ਸਨ।







