ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਆਗਾਮੀ ਬਜਟ ਇਜਲਾਸ ਨੂੰ ਲੈ ਕੇ ਗੁਰਦੁਆਰਿਆਂ ਦੀ ਆਰਥਿਕ ਸਥਿਤੀ ਬਾਰੇ ਵੀ ਚਰਚਾ ਕੀਤੀ ਗਈ।
ਧਾਮੀ ਨੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਕਿ ਗੁਰੂਘਰਾਂ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸੰਗਤਾਂ ਦੀ ਸਹੂਲਤ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾਵੇ। ਉਨ੍ਹਾਂ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਗੁਰਦੁਆਰਿਆਂ ਅੰਦਰ ਚੱਲ ਰਹੀਆਂ ਕਾਰ ਸੇਵਾ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ।