ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬੁੱਧਵਾਰ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਦੇ ਪ੍ਰਚਾਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਸੁੱਖ-ਸ਼ਾਂਤੀ ਤੇ ਦੇਸ਼ ਵਾਸੀਆਂ ਦੀ ਸਿਹਤ ਲਈ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ।
ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਣ ਤੋਂ ਬਾਅਦ ਸੋਨੂੰ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤੋਂ ਪਹਿਲਾਂ ਉਹ ਗੁਰੂ ਘਰ ਨਤਮਸਤਕ ਹੋਣ ਲਈ ਆਏ ਹਨ। ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਹੁੰਦਿਆਂ ਸਰਕਾਰ ਵਲੋਂ ਕੋਰੋਨਾ ਦੇ ਬਚਾਅ ਲਈ ਤੈਅ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੋਰੋਨਾ ਤੋਂ ਬਚਾਅ ਲਈ ਟੀਕਾ ਲਗਾਉਣਾ ਚਾਹੀਦਾ ਹੈ ਤੇ ਸਰੀਰਕ ਦੂਰੀ ਆਦਿ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਦੋਂ ਹੀ ਉਹ ਆਪਣੇ ਆਪ ਤੇ ਦੇਸ਼ ਦੇ ਹੋਰਨਾਂ ਲੋਕਾਂ ਦਾ ਬਚਾਅ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ। ਸਰਕਾਰ ਨੂੰ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤਾਂ ਕਿ ਉਹ ਆਪਣਾ ਅੰਦੋਲਨ ਖ਼ਤਮ ਕਰਨ ਤੇ ਆਪਣੇ ਘਰਾਂ ’ਚ ਜਾ ਸਕਣ। ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਲੋਕਾਂ ਨੂੰ ਬਚਾਅ ਕਰਨਾ ਚਾਹੀਦਾ ਹੈ। ਆਪਣਾ ਬਚਾਅ ਕਰਕੇ ਆਪਣੇ ਪਰਿਵਾਰ ਤੇ ਸਮਾਜ ਦਾ ਬਚਾਅ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸੋਨੂੰ ਸੂਦ ਭਾਰਤ ’ਚ ਟੀਕਾਕਰਨ ਮੁਹਿੰਮ ਨੂੰ ਪ੍ਰਮੋਟ ਕਰ ਰਹੇ ਹਨ। ਬੁੱਧਵਾਰ ਨੂੰ ਵਰਲਡ ਹੈਲਥ ਡੇ ਮੌਕੇ ’ਤੇ ਸੋਨੂੰ ਸੂਦ ਅਟਾਰੀ ਬਾਰਡਰ ਤੋਂ ਫਲੈਗ ਆਫ ਕਰਕੇ ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਨਾਲ ਜੁੜਨ ’ਤੇ ਮਾਣ ਹੈ।