ਦੇਸ਼ ‘ਚ ਕੋਰੋਨਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸਣਯੋਗ ਹੈ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3,205 ਨਵੇਂ ਮਾਮਲੇ ਸਾਹਮਣੇ ਆਏ ਹਨ, ਉਹਨਾਂ ‘ਚੋ 31 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਨੂੰ ਦੇਸ਼ ‘ਚ 2,568 ਨਵੇਂ ਮਾਮਲੇ ਸਾਹਮਣੇ ਆਏ ਪਰ ਮੰਗਲਵਾਰ ਨੂੰ ਫਿਰ ਤੋਂ ਕੋਰੋਨਾ ਦੇ ਮਾਮਲੇ 3 ਹਜ਼ਾਰ ਨੂੰ ਪਾਰ ਕਰ ਗਏ ਹਨ। ਦੇਸ਼ ਵਿੱਚ ਐਕਟਿਵ ਕੇਸ ਯਾਨੀ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 19,509 ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਕੁੱਲ 5.23 ਲੱਖ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕਰੋਨਾ ਦੇ ਕੇਸਾਂ ਵਿੱਚ ਵਾਧੇ ਦੇ ਨਾਲ ਐਕਟਿਵ ਕੇਸਾਂ ਵਿੱਚ ਵੀ ਵਾਧਾ ਹੋਇਆ ਹੈ। ਇਸ ਸਮੇਂ ਦੇਸ਼ ਵਿੱਚ 18,317 ਸੰਕਰਮਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 13,137 ਐਕਟਿਵ ਕੇਸ ਸਨ। ਇਸ ਦੇ ਨਾਲ ਹੀ ਦੇਸ਼ ਵਿੱਚ ਸਕਾਰਾਤਮਕਤਾ ਦਰ 1.22% ਹੋ ਗਈ ਹੈ।
ਪਿਛਲੇ ਕਈ ਦਿਨਾਂ ਤੋਂ ਇੱਕ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 1,414 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਰਾਜਧਾਨੀ ਵਿੱਚ 1,076 ਮਾਮਲੇ ਸਾਹਮਣੇ ਆਏ ਸਨ। ਦੱਸਿਆ ਜਾਂਦਾ ਹੈ ਕਿ ਬੀਤੇ ਦਿਨ ਦਿੱਲੀ ਵਿੱਚ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਇੱਥੇ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 5,986 ਹੋ ਗਈ ਹੈ।
ਜੇਕਰ ਦੂਜੇ ਰਾਜਾਂ ਵਿੱਚ ਕੋਰੋਨਾ ਦੀ ਸਥਿਤੀ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ 182 ਮਾਮਲੇ ਸਾਹਮਣੇ ਆਏ ਅਤੇ ਇੱਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ 193, ਹਰਿਆਣਾ ਵਿੱਚ 505 ਅਤੇ ਕੇਰਲ ਵਿੱਚ 386 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਘੰਟਿਆਂ ‘ਚ 54 ਮੌਤਾਂ ‘ਚੋਂ 52 ਸਿਰਫ ਕੇਰਲ ‘ਚ ਹੋਈਆਂ ਹਨ।