ਚੰਡੀਗੜ੍ਹ ਪ੍ਰਸ਼ਾਸਨ ਨੇ ਹਫ਼ਤਾਵਰੀ ਲਾਕਡਾਊਨ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ । ਕੋਰੋਨਾ ਮਹਾਮਾਰੀ ਕਾਰਨ ਹੁਣ ਚੰਡੀਗੜ੍ਹ ਵਿੱਚ ਹੋਰ ਹਫ਼ਤਾਵਰੀ ਲਾਕਡਾਊਨ ਨਹੀਂ ਲੱਗੇਗਾ। ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਹੈ। ਹਾਲਾਂਕਿ ਪਿਛਲੇ ਹਫ਼ਤੇ ਹਫ਼ਤਾਵਰੀ ਲਾਕਡਾਊਨ ਲਗਾਇਆ ਗਿਆ ਸੀ ਪਰ ਇਸ ਤੋਂ ਵਪਾਰੀ ਵਰਗ ਬੇਹੱਦ ਨਿਰਾਸ਼ ਸੀ ਤੇ ਸੜ੍ਹਕਾਂ ‘ਤੇ ਉੱਤਰ ਕੇ ਪ੍ਰਦਰਸ਼ਨ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਸ਼ਹਿਰ ਦੇ ਵਪਾਰੀਆਂ ਦੇ ਵਿਰੋਧ ਤੋਂ ਬਾਅਦ ਲਿਆ ਹੈ। ਲਾਕਡਾਊਨ ਦੇ ਫੈਸਲੇ ‘ਤੇ ਸ਼ਹਿਰ ਦੇ ਉੱਘੇ ਕਾਰੋਬਾਰੀਆਂ ਨੇ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰਿੰਦਾ ਨਾਲ ਇੱਕ ਮੁਲਾਕਾਤ ਕੀਤੀ ਸੀ। ਵਪਾਰੀਆਂ ਦਾ ਕਹਿਣਾ ਹੈ ਕਿ ਵੀਕਐਂਡ ਲਾਕਡਾਊਨ ਕਾਰਨ ਉਨ੍ਹਾਂ ਦੇ ਕਾਰੋਬਾਰ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਲਾਕਡਾਊਨ ਨੂੰ ਆਖਰੀ ਵਿਕਲਪ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰਾਂ ਕੋਸ਼ਿਸ਼ ਕਰਨ ਕਿ ਉਹਨਾਂ ਨੂੰ ਲਾਕਡਾਊਨ ਨਾ ਲਾਉਣਾ ਪਵੇ ਅਤੇ ਸਭ ਨੂੰ ਮਿਲ ਕੇ ਇਸ ਮਹਾਮਾਰੀ ‘ਤੇ ਕਾਬੂ ਪਾਉਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਫੈਸਲੇ ਵਿੱਚ ਸੋਧ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਲਗਾਏ ਗਏ ਨਾਈਟ ਕਰਫ਼ਿਊ ਦਾ ਸਮਾਂ ਸੀਮਾ ਘਟਾ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਨਾਈਟ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।