ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਸਰਕਾਰ ਵੱਲੋਂ ਗਠਿਤ ਕੀਤੀ ਜਾ ਰਹੀ ਐੱਸ. ਆਈ. ਟੀ. ਅਗਲੇ 6 ਮਹੀਨਿਆਂ ਦੌਰਾਨ ਆਪਣੀ ਰਿਪੋਰਟ ਦੇਵੇਗੀ ਤਾਂ ਕਿ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੁਆਈ ਜਾ ਸਕੇ। ਜਾਖੜ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁਝ ਟਿੱਪਣੀਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਐੱਸ.ਐੱਲ.ਪੀ. (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਦੇਸ਼ ’ਚ ਕਿਉਂਕਿ ਕੋਵਿਡ ਕੇਸ ਸਿਖ਼ਰ ’ਤੇ ਹੈ ਅਤੇ ਸੁਪਰੀਮ ਕੋਰਟ ’ਚ ਵੀ ਬਹੁਤ ਘੱਟ ਜੱਜ ਕੇਸਾਂ ਦੀ ਸੁਣਵਾਈ ਕਰ ਰਹੇ ਹਨ, ਇਸ ਲਈ ਸਰਕਾਰ ਐੱਸ. ਐੱਲ. ਪੀ. ਪਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਹਾਈ ਕੋਰਟ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਆਪਣਾ ਫੈਸਲਾ ਜਲਦੀ ਦੇ ਸਕੇ।
ਜਾਖੜ ਨੇ ਕਿਹਾ ਕਿ ਕਾਂਗਰਸ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਨਿਰਦੋਸ਼ ਲੋਕਾਂ ’ਤੇ ਪੁਲਸ ਫਾਇਰਿੰਗ ਦੇ ਮਾਮਲੇ ’ਚ ਦੋਸ਼ੀਆਂ ਦੀ ਪਛਾਣ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਵਚਨਬੱਧ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਵੀ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ ਅਤੇ ਉਸ ਨੂੰ ਵੇਖਦੇ ਹੋਏ ਤੈਅ ਸਮੇਂ ਦੇ ਅੰਦਰ ਮੁੱਖ ਮੰਤਰੀ ਐੱਸ. ਆਈ. ਟੀ. ਤੋਂ ਜਾਂਚ ਦਾ ਕਾਰਜ ਸੰਪੰਨ ਕਰਵਾ ਕੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਤੈਅ ਕਰ ਦੇਵੇਗੀ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਦੇ ਕਹਿਣ ’ਤੇ ਦਿੱਤੇ ਗਏ ਸੀ। ਉਨ੍ਹਾਂ ਕਿਹਾ ਕਿ ਨਵੀਂ ਐੱਸ.ਆਈ.ਟੀ. ਨਿਰਪੱਖ ਤੌਰ ’ਤੇ ਕੰਮ ਕਰੇਗੀ ਅਤੇ ਮੁੱਖ ਮੰਤਰੀ ਵੱਲੋਂ ਇਸ ’ਚ ਸ਼ਾਮਲ ਕੀਤੇ ਜਾਣ ਵਾਲੇ ਪੁਲਸ ਅਧਿਕਾਰੀਆਂ ਨੂੰ ਜਲਦ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਗੱਲ ਲਈ ਵਚਨਬੱਧ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਕਿਸੇ ਵੀ ਹਾਲਤ ’ਚ ਬਖਸ਼ੇ ਨਹੀਂ ਜਾਣਗੇ, ਚਾਹੇ ਉਹ ਕਿੰਨੇ ਵੀ ਉਚੇ ਸਿਆਸੀ ਅਹੁਦੇ ’ਤੇ ਕਿਉਂ ਨਾ ਹੋਵੇ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ। ਉਨ੍ਹਾਂ ਨੇ ਮੀਡੀਆ ’ਚ ਚੱਲ ਰਹੀਆਂ ਚਰਚਾਵਾਂ ’ਤੇ ਰੋਕ ਲਗਾਉਂਦੇ ਕਿਹਾ ਕਿ ਇਹ ਸਾਡੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਪਾਰਟੀ ਦੇ ਅੰਦਰ ਜੋ ਗੱਲ ਹੋਈ ਹੈ, ਉਸ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿ ਉਹ ਆਪਣੇ ਅਹੁਦੇ ’ਤੇ ਪਹਿਲੇ ਦੀ ਤਰ੍ਹਾਂ ਹੀ ਕੰਮ ਕਰ ਰਹੇ ਹਨ।