ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਬਹੁਗਿਣਤੀ ਧਾਰਮਿਕ ਆਬਾਦੀ ਦੇ ਅਧਾਰ ‘ਤੇ ਵੰਡ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਛੋਟੇ ਜ਼ਿਲ੍ਹਿਆਂ ਨੂੰ ਤਰਜੀਹ ਦਿੱਤੀ ਹੈ, ਪਰ ਕੈਪਟਨ ਨੇ ਪੰਜਾਬ ਨੂੰ ਧਰਮ ਅਧਾਰ ਤੇ ਵੰਡ ਕੇ ਤੁਸ਼ਟੀਕਰਣ ਦੀ ਰਾਜਨੀਤੀ ਕੀਤੀ ਹੈI ਕਾਂਗਰਸ ਨੇ ਹਮੇਸ਼ਾਂ ਲੋਕਾਂ ਦੇ ਖੂਨ ਨਾਲ ਹੋਲੀ ਖੇਡੀ ਹੈ ਅਤੇ ਇਤਿਹਾਸ ਇਸਦਾ ਗਵਾਹ ਹੈ। ਸ਼ਰਮਾ ਨੇ ਕਿਹਾ ਕਿ ਕੈਪਟਨ ਨੇ ਪਹਿਲਾਂ ਹੀ ਪੰਜਾਬ ਨੂੰ ਦੀਵਾਲੀਆ ਕਰ ਦਿੱਤਾ ਹੈ ਅਤੇ ਅਜਿਹੀ ਸਥਿਤੀ ਵਿੱਚ ਇੱਕ ਨਵਾਂ ਜ਼ਿਲ੍ਹਾ ਬਣਾ ਕੇ ਸੂਬੇ ਦੀ ਆਰਥਿਕਤਾ ਉੱਤੇ ਪਿਆ 1000 ਕਰੋੜ ਰੁਪਏ ਦਾ ਵਾਧੂ ਬੋਝ ਪੰਜਾਬ ਕਿਵੇਂ ਸਹਿਣ ਕਰੇਗਾ? ਕੈਪਟਨ ਦਾ ਇਹ ਫੈਸਲਾ ਸੰਵਿਧਾਨ ਦੇ ਬਿਲਕੁਲ ਵਿਰੁੱਧ ਹੈ। ਕੈਪਟਨ ਨੇ ਪਹਿਲਾਂ ਹੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਦਿੱਤਾ ਹੈ ਅਤੇ ਉਪਰੋਂ ਕੈਪਟਨ ਦੇ ਇਸ ਫਿਰਕੂ ਫੈਸਲੇ ਨਾਲ ਸੂਬੇ ਦੇ ਸਦਭਾਵਨਾ ਅਤੇ ਭਾਈਚਾਰੇ ਦੇ ਮਾਹੌਲ ਨੂੰ ਅੱਗ ਲੱਗ ਸਕਦੀ ਹੈ।
ਅਸ਼ਵਨੀ ਸ਼ਰਮਾ ਨੇ ਕੈਪਟਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਵੰਡ ਦੀ ਰਾਜਨੀਤੀ ਕੌਣ ਕਰਦਾ ਹੈ। ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਵਿਚ ਵੰਡ ਦੀ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ। ਭਾਜਪਾ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਸਥਾਪਤ ਕਰਨ ਲਈ ਉਪਰਾਲੇ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਫਿਰਕੂ ਵੰਡ ਦੀਆਂ ਨੀਤੀਆਂ ਕਿਸ ਦੀਆਂ ਹਨ। ਕਾਂਗਰਸ ਨੇ ਹਮੇਸ਼ਾਂ ‘ਵੰਡੋ ਅਤੇ ਰਾਜ ਕਰੋ’ ਦੀ ਨੀਤੀ ਦੀ ਪਾਲਣਾ ਕੀਤੀ ਹੈ ਅਤੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਵੀ ਕਾਂਗਰਸ ਦੀ ਵੰਡਣ ਵਾਲੀ ਨੀਤੀ ਦਾ ਹੀ ਇੱਕ ਹਿੱਸਾ ਹੈ। ਕਾਂਗਰਸ ਨੇ 1947 ਵਿਚ ਧਰਮ ਦੇ ਅਧਾਰ ਤੇ ਦੇਸ਼ ਦੀ ਵੰਡ ਕੀਤੀ ਸੀ ਅਤੇ ਹੁਣ ਅਮਰਿੰਦਰ ਸਿੰਘ ਨੇ ਧਰਮ ਦੇ ਆਧਾਰ ‘ਤੇ ਨਵਾਂ ਜ਼ਿਲ੍ਹਾ ਬਣਾ ਦਿੱਤਾ ਹੈ, ਜੋ ਕਿ ਕਾਂਗਰਸ ਦੀ ਵੰਡ ਦੀ ਨੀਤੀ ਦਾ ਇਕ ਹਿੱਸਾ ਹੈ। ਕੈਪਟਨ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਅਧਾਰ ਤੇ ਵੰਡ ਕੇ ਸੂਬੇ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣਾ ਚਾਹੁੰਦੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜਾਤੀ ਅਤੇ ਵਰਗ ਦੇ ਅਧਾਰ ‘ਤੇ ਪੰਜਾਬ ਨੂੰ ਵੰਡਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਵੋਟ ਬੈਂਕ ਦੇ ਤੌਰ‘ ਤੇ ਇਸਤੇਮਾਲ ਕਰਨਾ ਚਾਹੁੰਦੇ ਹਨ। ਧਰਮ ਦੇ ਅਧਾਰ ‘ਤੇ ਲੋਕਾਂ ਨੂੰ ਵੰਡ ਕੇ ਕਾਂਗਰਸ ਨੇ ਹਮੇਸ਼ਾਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ ਅਤੇ ਪੰਜਾਬ ਵਿਚ ਵੀ ਕੈਪਟਨ ਵੱਲੋਂ ਇਸੇ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਹੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਲਈ ਕੁਰਬਾਨੀਆਂ ਦਿੱਤੀਆਂ ਹਨ, ਜਿਸ ਬਾਰੇ ਲੋਕ ਭਲੀਭਾਂਤ ਜਾਣੂ ਹਨ। ਸ਼ਰਮਾ ਨੇ ਕਿਹਾ ਕਿ ਕੈਪਟਨ ਨੂੰ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ, ਨਹੀਂ ਤਾਂ ਇਸਦੇ ਨਤੀਜੇ ਬਹੁਤ ਭਿਆਨਕ ਹੋ ਸਕਦੇ ਹਨ।