ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ, ਜੋ ਇਸ ਸਬੰਧ ‘ਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ‘ਤੇ ਅਧਾਰਿਤ ਹੈ।
ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ‘ਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਜ਼, ਵਰਕਚਾਰਜ ਅਤੇ ਆਰਜ਼ੀ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿੱਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 ‘ਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ, ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ ‘ਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।