ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਨੂੰ ਪਹਿਲਾ ਹੀ ਛੁੱਟੀਆਂ ਸਨ ਜਾਨੀਕੇ ਉਹ ਸਕੂਲ ਨਹੀਂ ਜਾ ਰਹੇ ਸੀ ਕੇਵਲ ਆਨਲਾਈਨ ਕਲਾਸ ਲਗਾ ਰਹੇ ਸੀ ਪਰ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਅਧਿਆਪਕਾਂ ਨੂੰ ਵੀ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ |ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਈਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।