ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਨਾਉਣ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਚੰਡੀਗੜ੍ਹ ’ਚ ਜ਼ਮੀਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਮੰਗੀ ਗਈ ਹੈ। ਉਨ੍ਹਾਂ ਵੱਲੋਂ ਇਹ ਅਪੀਲ ਟਵੀਟ ਕਰਦਿਆਂ ਕੀਤੀ ਗਈ। ਟਵੀਟ ‘ਚ ਉਨ੍ਹਾਂ ਲਿਖਿਆ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ‘ਚ ਜ਼ਮੀਨ ਮੁਹੱਈਆ ਕਰਵਾਏ।
ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ..ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ ..ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ ..
— Bhagwant Mann (@BhagwantMann) July 9, 2022
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਨੂੰ ਜੈਪੁਰ ਦੇ ਇਕ ਹੋਟਲ ’ਚ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਹੋਈ। ਬੈਠਕ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦਿਆਂ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਅਪੀਲ ’ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡੀ ਸੌਗਾਤ ਦਿੱਤੀ ਹੈ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਵੀ ਸਾਂਝੀ ਕੀਤੀ ਗਈ, ਜਿਸ ’ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।