ਚੰਡੀਗੜ੍ਹ 8 ਜੂਨ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾਇਰੈਕਟਰ ਜਨਰਲ ਆਫ ਪੁਲੀਸ (DGP) ਨੂੰ ਬੀਤੇ ਕੁਝ ਦਿਨਾਂ ਤੋਂ ਰਾਜ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਦਿੱਤੇ ਜਾ ਰਹੇ ਧਰਨਿਆ ਖਿਲਾਫ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਮਹਾਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਉਲੰਘਣਾ ਕਰਾਰ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਮਰਿੰਦਰ ਸਿੰਘ ਨੇ ‘ਆਪ’ ਦੇ ਬੀਤੇ ਦਿਨ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕਐਂੱਡ ਕਰਫਿਊ ਦੀ ਉਲੰਘਣਾ ਕਰਾਰ ਦਿੱਤਾ।