ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਇਸ ਕਾਨੂੰਨ ਦੀਆਂ ਖਾਮੀਆਂ ਸਪਸ਼ਟ ਰੂਪ ਵਿਚ ਦੱਸਣ ਦੇ ਸੰਕੇਤ ਦੇਣੇ ਚਾਹੀਦੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ 29 ਅਪ੍ਰੈਲ ਨੂੰ ਕਿਹਾ ਸੀ ਕਿ ਕੇਂਦਰ ਸਰਕਾਰ ਜਦ ਚਾਹੇ ਤਾਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰ ਸਕਦੀ ਹੈ ਪਰ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਜ਼ੋਰ ਦਿੱਤਾ। ਨੀਤੀ ਆਯੋਗ ਦੇ ਮੈਂਬਰ ਨੇ ਟਿਕੈਤ ਦੀ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਦਾ ਸਵਾਗਤ ਕਰਦਿਆਂ ਕਿਹਾ ਕਿ ਜਦ ਤੱਕ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜੇ ਰਹਿਣਗੇ ਤਾਂ ਉਸ ਹਾਲਤ ਵਿਚ ਗੱਲਬਾਤ ਸਿਰੇ ਨਹੀਂ ਚੜ੍ਹ ਸਕਦੀ।
ਉਨ੍ਹਾਂ ਜ਼ੋਰ ਦੇ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦੀ ਹਰ ਮੁੱਦ ’ਤੇ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਨੂੰ ਹਾਂ-ਪੱਖੀ ਗੱਲਬਾਤ ਸ਼ੁਰੂ ਕਰਨ ਦੇ ਸੰਕੇਤ ਦੇਣੇ ਚਾਹੀਦੇ ਹਨ। ਦੱਸਣਯੋਗ ਹੈ ਕਿ ਸਰਕਾਰ ਤੇ ਕਿਸਾਨਾਂ ਦੀ ਆਖਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ ਤੇ 26 ਜਨਵਰੀ ਦੀ ਟਰੈਕਟਰ ਪਰੇਡ ਹਿੰਸਕ ਹੋ ਜਾਣ ਤੋਂ ਬਾਅਦ ਗੱਲਬਾਤ ਰੁਕ ਗਈ ਸੀ।