ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਵਿੱਚ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਬਰਿੰਦਰ ਗੋਇਲ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਆਪ ਆਗੂ
। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਭਾਰਤ ਦਾ ਨੰਬਰ ਇਕ ਹੋਵੇਗਾ ਅਤੇ ਅਪਰੈਲ 2023 ਤੋਂ ਇਹ ਕਾਲਜ ਤਿਆਰ ਹੋ ਜਾਵੇਗਾ ਤੇ ਇਸ ’ਚ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਕਾਲਜ ਵਿਚ 75 ਦੇ ਕਰੀਬ ਵਿਦਿਆਰਥੀ ਦਾਖਲਾ ਲੈ ਸਕਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਲਜ ਵਿਚ ਇਲਾਕੇ ਦੇ ਵਿਦਿਆਰਥੀਆਂ ਵਾਸਤੇ ਰਿਜ਼ਰਵ ਸੀਟਾਂ ਰੱਖੀਆਂ ਜਾਣਗੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਗੁਰਦੁਆਰਾ ਗੁਰਸਾਗਰ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਦਰਸ਼ਨ ਸਿੰਘ ਵੱਲੋਂ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਲੋਈਆਂ ਦੇ ਕੇ ਸਨਮਾਨਤ ਕੀਤਾ ਗਿਆ।