ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਬੱਗਾ ਦੀ ਤਰਫੋਂ ਬਰਖਾਸਤਗੀ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦੇ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।
ਦੱਸਣਯੋਗ ਹੈ ਕਿ ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਗ਼ਲਤ ਟਿੱਪਣੀ ਕਰਨ ਅਤੇ ਪੰਜਾਬ ‘ਚ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਸੰਬਧ ‘ਚ ਪੰਜਾਬ ਪੁਲਿਸ ਨੇ ਕੇਸ ਦਰਜ ਕਰਕੇ ਤਜਿੰਦਰ ਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ ‘ਆਪ’ ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੇਜਿੰਦਰ ਬੱਗਾ ਦੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਬੱਗਾ ਨੇ ਪਟੀਸ਼ਨ ਦਾਇਰ ਕਰਕੇ ਮੋਹਾਲੀ ’ਚ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਬੱਗਾ ਦੇ ਵਕੀਲਾਂ ਨੇ ਹਾਈਕੋਰਟ ’ਚ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਮਾਮਲਾ ਦਰਜ ਹੋਇਆ ਹੈ, ਉਸ ’ਚ ਅਜਿਹਾ ਕੁਝ ਵੀ ਨਹੀਂ ਹੈ। ਬੱਗਾ ਨੇ ਕਿਹਾ ਸੀ ਕਿ ਜਦੋਂ ਤੱਕ ਕੇਜਰੀਵਾਲ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਅਸੀਂ ਉਨ੍ਹਾਂ ਖ਼ਿਲਾਫ ਧਰਨਾ ਜਾਰੀ ਰੱਖਾਂਗੇ।
ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਬੱਗਾ ਦੇ ਬਿਆਨ ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬੱਗਾ ਕਾਫ਼ੀ ਭੜਕਾਊ ਟਵੀਟ ਕਰਕੇ ਮਾਹੌਲ ਖ਼ਰਾਬ ਰਹਿੰਦੇ ਹਨ।