ਜੰਮੂ-ਕਸ਼ਮੀਰ ਕਾਂਗਰਸ ‘ਚ ਵੱਡਾ ਫੇਰਬਦਲ ਹੋਇਆ ਹੈ। ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਪਰ ਹੁਣ ਕੁਝ ਹੀ ਘੰਟਿਆਂ ਬਾਅਦ ਗੁਲਾਮ ਨਬੀ ਆਜ਼ਾਦ ਨੇ ਉਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜੇ ਤੱਕ ਕਾਰਨ ਸਪੱਸ਼ਟ ਨਹੀਂ ਹੈ ਕਿ ਕਾਂਗਰਸ ਨੇਤਾ ਨੇ ਕੁਝ ਘੰਟੇ ਬਾਅਦ ਹੀ ਪਾਰਟੀ ਵੱਲੋਂ ਦਿੱਤੇ ਗਏ ਅਹੁਦੇ ਤੋਂ ਅਸਤੀਫਾ ਕਿਉਂ ਦਿੱਤਾ ਪਰ ਸਿਆਸੀ ਗਲਿਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ। ਉਥੇ ਕਾਂਗਰਸ ਨੇ ਗੁਲਾਮ ਨਬੀ ਆਜ਼ਾਦ ਦੇ ਕਰੀਬੀ ਮੰਨੇ ਜਾਣ ਵਾਲੇ ਵਕਾਰ ਰਸੂਲ ਵਾਨੀ ਨੂੰ ਜੰਮੂ-ਕਸ਼ਮੀਰ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਮੰਗਲਵਾਰ ਨੂੰ ਕਾਂਗਰਸ ਨੇ ਆਪਣੇ ਜੰਮੂ-ਕਸ਼ਮੀਰ ਸੰਗਠਨ ‘ਚ ਵੱਡਾ ਬਦਲਾਅ ਕੀਤਾ ਸੀ। ਸੰਗਠਨ ਨੂੰ ਹੋਰ ਜ਼ਿਆਦਾ ਮਜਬੂਤ ਕਰਨ ਲਈ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ। ਪਾਰਟੀ ਨੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਤਾਰਿਕ ਹਾਮਿਦ ਕਰਾ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਸੀ। ਗੁਲਾਮ ਨਬੀ ਆਜ਼ਾਦ ਨੂੰ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਮੁਖੀ ਵੀ ਬਣਾਇਆ ਸੀ। ਉਥੇ ਮੈਨੀਫੈਸਟੋ ਕਮੇਟੀ ਦਾ ਮੁਖੀ ਪ੍ਰੋ. ਸੈਫੂਦੀਨ ਸੋਜ ਅਤੇ ਮੀਤ ਪ੍ਰਧਾਨ ਐਡਵੋਕੇਟ ਐੱਮ.ਕੇ. ਭਾਰਤਵਾਜ ਨੂੰ ਬਣਾਇਆ ਗਿਆ ਸੀ। ਪ੍ਰਚਾਰ ਅਤੇ ਪ੍ਰਕਾਸ਼ਨ ਕਮੇਟੀ ਦਾ ਚੇਅਰਮੈਨ ਮੂਲਾ ਰਾਮ ਨਿਯੁਕਤ ਹੋਏ ਸਨ ਪਰ ਇਨ੍ਹਾਂ ਨਿਯੁਕਤੀਆਂ ਦੇ ਕੁਝ ਘੰਟੇ ਬਾਅਦ ਹੀ ਗੁਲਾਮ ਨਬੀ ਆਜ਼ਾਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।